ੴ ਵਾਹਿਗੁਰੂ ਜੀ ਕੀ ਫ਼ਤਹਿ॥
ਸ੍ਰੀ ਭਗੌਤੀ ਜੀ ਸਹਾਇ॥
ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥
ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥
ਸਭ ਥਾਂਈ ਹੋਇ ਸਹਾਇ॥
ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥
ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ।।
ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ,
ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ,
ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ।।
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ,
ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ,
ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ।।
ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ।।
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ,
ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ,
ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ।।
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ,
ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ।।
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ।।
ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ,
ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ।
ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ।
ਸਰਬੱਤ ਦੇ ਕਾਰਜ ਰਾਸ ਕਰਨੇ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ।
ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ।।